ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸਾਲਿਡ ਵੇਸਟ ਮੇਨੈਜਮੈਂਟ ਅਤੇ ਪਾਣੀ ਦੀ ਸਾਂਭ ਸੰਭਾਲ ਲਈ ਵਡੇਰੇ ਯਤਨਾਂ ਦਾ ਸੱਦਾ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸਾਲਿਡ ਵੇਸਟ ਮੇਨੈਜਮੈਂਟ ਅਤੇ ਪਾਣੀ ਦੀ ਸਾਂਭ ਸੰਭਾਲ ਲਈ ਵਡੇਰੇ ਯਤਨਾਂ ਦਾ ਸੱਦਾ

ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮੀਟਿੰਗ ਦੌਰਾਨ ਸਮਾਰਟ ਸਿਟੀ ਪ੍ਰਾਜੈੱਕਟਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਤੇ ਹਫਤਾਵਰੀ ਪ੍ਰਗਤੀ ਰਿਪੋਰਟਾਂ ਸੌਂਪਣ ਦੇ ਹੁਕਮ

ਕਪੂਰਥਲਾ, 10 ਜੂਨ( ਪ੍ਰੀਤ ਸੰਗੋਜਲਾ) ਰਾਜ ਸਭਾ ਦੇ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਠੋਸ ਰਹਿੰਦ ਖੂੰਹਦ ਦੇ ਪ੍ਰਬੰਧਨ ਅਤੇ ਪਾਣੀ ਦੀ ਸਾਂਭ ਸੰਭਾਲ ਲਈ ਬਿਹਤਰੀਨ ਵਿਭਾਗੀ ਤਾਲਮੇਲ ਤੇ ਸਮਪਰਣ ਭਾਵਨਾ ਨਾਲ ਕੰਮ ਕਰਨ ਤਾਂ ਜੋ ਵਾਤਾਵਰਨ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਾਫ ਪਾਣੀ ਅਤੇ ਹਵਾ ਦੇ ਸੁਨੇਹੇ ਉੱਪਰ ਅਮਲ ਕਰਕੇ ਹੀ ਅਸੀਂ ਮਨੁੱਖੀ ਜੀਵਨ ਪੱਧਰ ਵਿਚ ਸੁਧਾਰ ਕਰ ਸਕਦੇ ਹਾਂ। ਉਨ੍ਹਾਂ ਕਪੂਰਥਲਾ ਜ਼ਿਲ੍ਹੇ ਵਿਚ ਕੂੜੇ ਦੇ ਯੋਗ ਪ੍ਰਬੰਧਨ ,ਪਾਣੀ ਸੰਭਾਲ ਅਤੇ ਸਾਫ ਸਫਾਈ ਤੋਂ ਇਲਾਵਾ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦਾ ਕੇਂਦਰ ਬਣਾਉਣ ਲਈ ਚੱਲ ਰਹੇ ਪ੍ਰਾਜੈੱਕਟਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਪਿੰਡਾਂ ਵਿਚ ਕੂੜੇ ਦੇ ਨਿਪਟਾਰੇ ਲਈ ਐਕਸ਼ਨ ਪਲਾਨ ਤਹਿਤ 546 ਪਿੰਡਾਂ ਨੂੰ ਕਵਰ ਕਰਨ ਸਬੰਧੀ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ । ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਹਿਲੇ ਅਤੇ ਦੂਜੇ ਪੜਾਅ ਤਹਿਤ 150-150 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਨ੍ਹਾਂ ਪਿੰਡਾਂ ਵਿਚ ਕੂੜਾ ਘਰ-ਘਰ ਤੋਂ ਇਕੱਤਰ ਕਰਕੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਕਰਕੇ ਉਸਦਾ ਨਿਪਟਾਰਾ ਕੀਤਾ ਜਾਵੇਗਾ।

ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ 77 ਪਿੰਡਾਂ ਲਈ ਐਕਸ਼ਾਨ ਪਲਾਨ ਤਿਆਰ ਹੈ ਜਿਸ ਵਿਚੋਂ ਪਿੰਡਾਂ ਲਈ 43 ਪਿੰਡਾਂ ਲਈ ਜਲਦ ਲਾਗੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਤਹਿਤ ਚੱਲ ਰਹੇ ਪ੍ਰਾਜੈੱਕਟਾਂ ਸਬੰਧੀ ਜ਼ਿਕਰ ਕਰਦਿਆਂ ਇਨ੍ਹਾਂ ਨੂੰ ਜੰਗੀ ਪੱਧਰ ਤੇ ਪੂਰਾ ਕਰਨ ਲਈ ਕਿਹਾ । ਉਨ੍ਹਾਂ ਬਤੌਰ ਰਾਜ ਸਭਾ ਮੈਂਬਰ ਉਨ੍ਹਾਂ ਵਲੋਂ ਗੋਦ ਲਏ ਗਏ ਇਤਿਹਾਸਕ ਪਿੰਡ ਡੱਲਾ ਵਿਖੇ ਸੀਵਰੇਜ਼ ਵਿਛਾਉਣ ਤੇ ਪਿੰਡ ਦੇ ਛੱਪੜ ਦਾ ਨਵੀਨੀਕਰਨ ਕਰਕੇ ਪਾਣੀ ਸਿੰਚਾਈ ਲਈ ਵਰਤਣ ਤੋਂ ਇਲਾਵਾ ਪਸ਼ੂ ਹਸਪਤਾਲ ਵਿਖੇ ਡਾਕਟਰਾਂ ਦੀ ਤਾਇਨਾਤੀ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡੱਲਾ ਪਿੰਡ ਵਿਖੇ ਵਿਕਾਸ ਕਾਰਜਾਂ ਦੀ ਨਿੱਜੀ ਤੌਰ ’ਤੇ ਜਾ ਕੇ ਨਿਗਰਾਨੀ ਕਰਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਨਗਰ ਨਿਗਮ ਕਪੂਰਥਲਾ, ਫਗਵਾੜਾ ਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਉਹ ਸਾਫ ਸਫਾਈ ਸਬੰਧੀ ਕੰਮਾਂ ਵੱਲ ਵਿਸ਼ੇਸ਼ ਤਵੱਜੋਂ ਦੇਣ ਨਹੀਂ ਤਾਂ ਉਨਾਂ ਵਿਰੁੱਧ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕੀਤੀ ਸਿਫਾਰਿਸ਼ ਅਨੁਸਾਰ ਵਾਤਾਵਰਨ ਮੁਆਵਜ਼ਾ ਲਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਜੱਬੋਵਾਲ ਰੋਡ ਤੇ ਸੁਲਤਾਨਪੁਰ ਲੋਧੀ ਦੇ ਬਣ ਰਹੇ 4 ਐਮ.ਐਲ.ਡੀ ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਕੰਮ ਦਾ ਵੀ ਜਾਇਜ਼ਾ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸਦਾ 90 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਮੈਂਬਰ ਰਾਜ ਸਭਾ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰਾਂ ਅੰਦਰ ਸਾਫ ਸਫਾਈ ਅਤੇ ਵਿਸ਼ੇਸ਼ ਕਰਕੇ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਪ੍ਰਾਜੈੱਕਟਾਂ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ ਨਯਨ ਜੱਸਲ,ਐਸ.ਡੀ.ਐਮ ਸੰਜੀਵ ਸ਼ਰਮਾ,ਆਮ ਆਦਮੀ ਪਾਰਟੀ ਦੁਆਬਾ ਜੋਨ ਦੇ ਸਕੱਤਰ ਪਰਮਿੰਦਰ ਸਿੰਘ ਤੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਫੋਟੋ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ।

24 Views