ਪੰਜਾਬ ਦੇ ਚਾਰ ਏਡਿਡ ਪੋਲੀਟੈਕਨਿਕ ਕਾਲਜਾਂ ਦੇ ਪ੍ਰਿੰਸੀਪਲਾਂ ਨੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਕੀਤੀ ਮੁਲਾਕਾਤ

ਪ੍ਰਮੁੱਖਤਾ ਨਾਲ ਚੁੱਕੀ 6ਵਾਂ ਤਨਖਾਹ ਸਕੇਲ ਲਾਗੂ ਕਰਨ ਦੀ ਮੰਗ
ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਸੱਦੇ ’ਤੇ ਪੰਜਾਬ ਦੇ ਚਾਰ ਪ੍ਰਮੁੱਖ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਿੰਸੀਪਲਾਂ ਨੇ ਮਨਪ੍ਰੀਤ ਕੌਰ ਭੋਗਲ ਚੇਅਰਪਰਸਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਫਗਵਾੜਾ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨਾਲ ਉਨ੍ਹਾਂ ਦੇ ਦਫਤਰ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਵਿੱਤ ਮੰਤਰੀ ਨਾਲ ਮੁਲਾਕਾਤ ਕਰਨ ਵਾਲਿਆਂ ਵਿੱਚ ਰਾਮਗੜ੍ਹੀਆ ਪੋਲੀਟੈਕਨਿਕ ਕਾਲਜ ਫਗਵਾੜਾ ਦੇ ਪ੍ਰਿੰਸੀਪਲ ਜਸਬੀਰ ਸਿੰਘ, ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਪ੍ਰਿੰਸੀਪਲ ਜਗਰੂਪ ਸਿੰਘ, ਗੁਰੂ ਨਾਨਕ ਦੇਵ ਪਾਲੀਟੈਕਨਿਕ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ ਸਰਬਜੀਤ ਕੌਰ ਅਤੇ ਥਾਪਰ ਪੋਲੀਟੈਕਨਿਕ ਕਾਲਜ ਪਟਿਆਲਾ ਤੋਂ ਪ੍ਰਿੰਸੀਪਲ ਅੰਕੁਸ਼ ਕਾਂਸਲ ਸ਼ਾਮਲ ਸਨ। ਮੀਟਿੰਗ ਦੌਰਾਨ ਛੇਵੇਂ ਤਨਖਾਹ ਸਕੇਲ ਨੂੰ ਲਾਗੂ ਕਰਨ, ਠੇਕੇ ਦੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਅਤੇ ਵਾਧੂ ਖਾਲੀ ਪਈਆਂ ਟੀਚਿੰਗ ਅਤੇ ਨਾਨ-ਟੀਚਿੰਗ ਅਸਾਮੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਨਪ੍ਰੀਤ ਕੌਰ ਭੋਗਲ ਨੇ ਦੱਸਿਆ ਕਿ ਮੀਟਿੰਗ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਮੰਨਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ

