ਸਰਕਾਰੀ ਹਸਪਤਾਲਾਂ ਵਿੱਚ ਵਧੀਆ ਪ੍ਰਬੰਧਾਂ ਨੂੰ ਤਰਜੀਹ ਦੇ ਰਹੀ ਭਗਵੰਤ ਮਾਨ ਸਰਕਾਰ : ਜੋਗਿੰਦਰ ਮਾਨ

ਸਿਵਲ ਹਸਪਤਾਲ ਫਗਵਾੜਾ ਦਾ ਕੀਤਾ ਅਚਨਚੇਤ ਦੌਰਾ

ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਸਿਵਲ ਹਸਪਤਾਲ ਫਗਵਾੜਾ ਦਾ ਅਚਨਚੇਤ ਦੌਰਾ ਕੀਤਾ ਅਤੇ ਹਸਪਤਾਲ ਦੇ ਕੰਮਕਾਜ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਐੱਸ.ਐੱਮ.ਓ. ਡਾ.ਲੈਂਬਰ ਰਾਮ ਸਮੇਤ ਸਮੁੱਚਾ ਮੈਡੀਕਲ ਸਟਾਫ ਆਪਣੀ ਡਿਊਟੀ ਪ੍ਰਤੀ ਸੁਚੇਤ ਪਾਇਆ ਗਿਆ। ਜਿਸ ’ਤੇ ਜੋਗਿੰਦਰ ਸਿੰਘ ਮਾਨ ਨੇ ਤਸੱਲੀ ਪ੍ਰਗਟਾਈ ਅਤੇ ਮੈਡੀਕਲ ਅਤੇ ਨਾਨ ਮੈਡੀਕਲ ਸਟਾਫ਼ ਦੀ ਆਪਣੀ ਡਿਊਟੀ ਪ੍ਰਤੀ ਸਮਰਪਿਤ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਹਸਪਤਾਲ ਵਿੱਚ ਇਲਾਜ ਲਈ ਪੁੱਜੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਟਾਫ਼ ਦੀ ਘਾਟ ਸਮੇਤ ਮਰੀਜ਼ਾਂ ਨੂੰ ਪੇਸ਼ ਆ ਰਹੀਆਂ ਛੋਟੀਆਂ-ਮੋਟੀਆਂ ਮੁਸ਼ਕਲਾਂ ਨੂੰ ਜਲਦੀ ਹੀ ਦੂਰ ਕੀਤਾ ਜਾਵੇਗਾ। ਇਸ ਦੌਰਾਨ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਿਵਲ ਹਸਪਤਾਲ ਫਗਵਾੜਾ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਟਰਾਮਾ ਸੈਂਟਰ ਖੋਲ੍ਹਣ ਦਾ ਐਲਾਨ ਕਰ ਚੁੱਕੇ ਹਨ, ਜੋ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਦੌਰਾਨ ਐਸ.ਐਮ.ਓ ਡਾ: ਲੈਂਬਰ ਰਾਮ ਨੇ ਕਿਹਾ ਕਿ ਹਸਪਤਾਲ ’ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਵਧੀਆ ਇਲਾਜ ਅਤੇ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੇ ਸਟਾਫ਼ ਦੀ ਪ੍ਰਾਥਮਿਕਤਾ ਹੈ। ਇਸ ਮੌਕੇ ਸੁਪਰਡੈਂਟ ਸੁਖਵਿੰਦਰ ਸਿੰਘ, ਡਾ: ਰਾਜੇਸ਼ ਚੰਦਰ, ਡਾ: ਨਰੇਸ਼ ਕੁੰਦਰਾ ਤੋਂ ਇਲਾਵਾ ਸਮੂਹ ਹਸਪਤਾਲ ਸਟਾਫ਼ ਮੈਂਬਰ ਹਾਜ਼ਰ ਸਨ

55 Views