ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਰੋਕਥਾਮ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਰੋਕਥਾਮ ਦੇ ਪ੍ਰਬੰਧਾਂ ਦਾ ਲਿਆ ਜਾਇਜਾ
ਨਗਰ ਨਿਗਮ ਡੇਂਗੂ ਤੋਂ ਬਚਾਓ ਲਈ ਹਰ ਵਾਰਡ ਵਿੱਚ ਸਪਰੇੲ ਬਣਾਏ ਯਕੀਨੀ
*ਅੰਮ੍ਰਿਤਸਰ ਸਾਹਿਬ: ਵਿਕਰਮਜੀਤ ਸਿੰਘ/ ਜੀਵਨ ਸ਼ਰਮਾ*
ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਮੀਟਿੰਗ ਕੀਤੀ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹੜ੍ਹਾਂ ਤੋਂ ਬਚਾਓ ਲਈ ਜੋ ਵੀ ਸਮਾਨ ਖਰੀਦਣਾ ਹੈ। ਉਹ ਸਮੇਂ ਸਿਰ ਖਰੀਦ ਕਰ ਲਿਆ ਜਾਵੇ ਅਤੇ ਡਰੇਨਾ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਜਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਮੰਡੀਆਂ ਦੀ ਸਾਫ ਸਫਾਈ ਦਾ ਪ੍ਰਬੰਧ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ। ਸ੍ਰੀ ਤਲਵਾੜ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਖੁਦ ਮੌਕੇ ਉਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਦੇ ਮੌਕੇ ਕੰਮ ਆਉਣ ਵਾਲੇ ਸਰੋਤ ਜਿਵੇਂ ਕਿ ਫੌਜ, ਬੀ.ਐਸ.ਐਫ. , ਐਨ.ਡੀ.ਆਰ.ਐਫ਼, ਸਬੰਧਤ ਵਿਭਾਗ ਅਤੇ ਪਿੰਡਾਂ ਅਨੁਸਾਰ ਗੋਤਾਖੋਰਾਂ ਦੀਆਂ ਲਿਸਟਾਂ ਵੀ ਬਣਾ ਲਈਆਂ ਜਾਣ ਤਾਂ ਜੋ ਲੋੜ ਪੈਣ ਉਨ੍ਹਾਂ ਦੀ ਮਦਦ ਲਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੇਨਾਂ ਅਤੇ ਨਾਲਿਆਂ ਦੀ ਕੀਤੀ ਜਾ ਰਹੀ ਸਫਾਈ ਕੇਵਲ ਖਾਨਾਪੂਰਤੀ ਨਾ ਹੋਵੇ, ਇਸ ਲਈ ਸਬੰਧਤ ਵਿਭਾਗ ਠੇਕੇਦਾਰਾਂ ਉਤੇ ਬਰਾਬਰ ਨਿਗ੍ਹਾ ਰੱਖਣ। ਉਨਾਂ ਕਿਹਾ ਕਿ ਉਕਤ ਕੰਮ ਜੇਕਰ ਧਿਆਨ ਨਾਲ ਕਰ ਦਿੱਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ। ਸ੍ਰੀ ਤਲਵਾੜ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਕਲੋਰਾਈਜੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਪਹਿਲਾਂ ਤੋਂ ਹੀ ਕਰ ਲਿਆ ਜਾਵੇ ਤਾਂ ਜੋ ਲੋੜ ਪੈਣ ਤੇ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਕਿੱਥੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਹਨ ਜਾਂ ਕਿਥੇ ਮੀਟਰ ਬਾਕਸ ਖੁੱਲੇ ਪਏ ਹਨ ਨੂੰ ਤੁਰੰਤ ਠੀਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਡੇਂਗੂ ਦੀ ਸਪਰੇੲ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ ਡੀ ਐਮਜ਼ ਸ: ਸਿਮਰਦੀਪ ਸਿੰਘ, ਸ੍ਰੀ ਅਰਵਿੰਦਰਪਾਲ ਸਿੰਘ ਅਜਨਾਲਾ, ਸ੍ਰੀ ਰਾਜੇਸ਼ ਸ਼ਰਮਾ ਲੋਪੋਕੇ, ਜਿਲ੍ਹਾ ਮਾਲ ਅਫਸਰ ਸ੍ਰੀ ਰਾਮ ਕਿਸ਼ਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

104 Views