ਆਪ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਸਤੇ ਸੈਂਕੜੇ ਮਜ਼ਦੂਰਾਂ ਵੱਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਤਿੰਨ ਰੋਜ਼ਾ ਧਰਨਾ ਸ਼ੁਰੂ

ਆਪ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਸਤੇ ਸੈਂਕੜੇ ਮਜ਼ਦੂਰਾਂ ਵੱਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਤਿੰਨ ਰੋਜ਼ਾ ਧਰਨਾ ਸ਼ੁਰੂ
ਲੰਬੀ ( *ਜਸਵੀਰ ਸਿੱਧੂ* )9ਦਸੰਬਰ — ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਅੱਜ ਸੈਂਕੜੇ ਮਜ਼ਦੂਰ ਮਰਦ ਔਰਤਾਂ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਤਿੰਨ ਰੋਜ਼ਾ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਧਰਨੇ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ , ਦਿਹਾਤੀ ਮਜ਼ਦੂਰ ਸਭਾ ਦੇ ਆਗੂ ਹਰਜੀਤ ਸਿੰਘ ਮਦਰੱਸਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਪ੍ਰਿਤਪਾਲ, ਖੇਤ ਮਜ਼ਦੂਰ ਸਭਾ ਦੇ ਆਗੂ ਮਹਿੰਗਾ ਸਿੰਘ ਦੋਦਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਮੰਗਾ ਸਿੰਘ ਵੈਰੋਕੇ ਤੇ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਆਗੂ ਅਮੀ ਲਾਲ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਖਿਆ ਕਿ ਪਹਿਲੀਆਂ ਸਰਕਾਰਾਂ ਵਾਂਗ ਆਪ ਸਰਕਾਰ ਵੀ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਹਨਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਇਸ਼ਤਿਹਾਰਬਾਜ਼ੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਹਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਵਾਰ ਵਾਰ ਮਜ਼ਦੂਰ ਜਥੇਬੰਦੀਆਂ ਨੂੰ ਮੀਟਿੰਗਾਂ ਦੇ ਕੇ ਮੁੱਕਰ ਗਏ ਹਨ। ਉਹਨਾਂ ਆਖਿਆ ਕਿ ਮਜ਼ਦੂਰਾਂ ਨੂੰ ਆਤਮ ਨਿਰਭਰ ਬਣਾਉਣ ਲਈ ਰੁਜ਼ਗਾਰ ਦੀ ਗਰੰਟੀ ਕਰਨ, ਮਜ਼ਦੂਰੀ ਰੇਟਾਂ ‘ਚ ਵਾਧਾ ਕਰਨ ਅਤੇ ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਜ਼ਮੀਨਾਂ ਦੀ ਵੰਡ ਕਰਨ ਅਤੇ ਕਰਜ਼ਾ ਮੁਆਫ਼ੀ ਵਰਗੇ ਕਦਮ ਚੁੱਕਣ ਦੀ ਲੋੜ ਹੈ ਜਿਸਨੂੰ ਆਪ ਸਰਕਾਰ ਚਿਮਟੇ ਨਾਲ ਵੀ ਛੂਹਣ ਲਈ ਤਿਆਰ ਨਹੀਂ।
। ਉਹਨਾਂ ਮੰਗ ਕੀਤੀ ਕਿ ਆਪ ਸਰਕਾਰ ਵੱਲੋਂ ਚੋਣਾਂ ਮੌਕੇ ਦਿੱਤੀਆਂ ਗਰੰਟੀਆਂ ਲਾਗੂ ਕੀਤੀਆਂ ਜਾਣ, ਰਿਹਾਇਸ਼ੀ ਪਲਾਟ ਦਿੱਤੇ ਜਾਣ, ਦਿਹਾੜੀ ਸੱਤ ਸੌ ਰੂਪੈ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ,ਕੰਮ ਦਿਹਾੜੀ ਦੇ ਘੰਟੇ ਵਧਾਉਣ ਵਾਲਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ਼ ਲਾਗੂ ਕੀਤਾ ਜਾਵੇ, ਪੈਨਸ਼ਨ 5000/-ਰੂਪੈ ਕੀਤੀ ਜਾਵੇ ਅਤੇ ਸ਼ੰਘਰਸ਼ਾਂ ਦੌਰਾਨ ਬਣੇ ਪੁਲਿਸ ਕੇਸ ਰੱਦ ਕੀਤੇ ਜਾਣ । ਇਸ ਮੌਕੇ ਗੁਰਪਾਲ ਸਿੰਘ ਨੰਗਲ, ਮਿੱਠੂ ਸਿੰਘ ਘੁੱਦਾ, ਗੁਰਮੁਖ ਸਿੰਘ ਬਾਦਲ, ਗੁਰਪ੍ਰੀਤ ਕੌਰ ਦਿਉਣ ਨੇ ਵੀ ਸੰਬੋਧਨ ਕੀਤਾ।

49 Views