ਜਨਤਾ ਦਰਬਾਰ ਲੋਕਾਂ ਤੇ ਪ੍ਰਸ਼ਾਸਨ ਵਿਚ ਸਿੱਧਾ ਸੰਵਾਦ ਕਾਇਮ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ : ਮੋਹਿੰਦਰ ਭਗਤ

ਜਨਤਾ ਦਰਬਾਰ ਲੋਕਾਂ ਤੇ ਪ੍ਰਸ਼ਾਸਨ ਵਿਚ ਸਿੱਧਾ ਸੰਵਾਦ ਕਾਇਮ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ : ਮੋਹਿੰਦਰ ਭਗਤ

ਜਲੰਧਰ ( ਵਰਿੰਦਰ ਸਿੰਘ) ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਆਪਣੇ ਨਿਵਾਸ ਸਥਾਨ ’ਤੇ ਜਨਤਾ ਦਰਬਾਰ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਸੁਣਿਆ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਮੰਗਾਂ ਲੈ ਕੇ ਪਹੁੰਚੇ।
ਮੰਤਰੀ ਮੋਹਿੰਦਰ ਭਗਤ ਨੇ ਹਰ ਇੱਕ ਫਰਿਆਦੀ ਨਾਲ ਵਿਅਕਤੀਗਤ ਤੌਰ ’ਤੇ ਗੱਲਬਾਤ ਕਰਦਿਆਂ ਉਹਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇ। ਕਈ ਮਾਮਲਿਆਂ ਵਿੱਚ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹੱਲ ਕਰਨ ਦੇ ਆਦੇਸ਼ ਜਾਰੀ ਕੀਤੇ।
ਜਨਤਾ ਦਰਬਾਰ ਵਿੱਚ ਮੁੱਖ ਤੌਰ ’ਤੇ ਪਾਣੀ, ਸੀਵਰੇਜ, ਸੜਕ ਮੁਰੰਮਤ, ਬਿਜਲੀ ਅਤੇ ਹੋਰ ਸਥਾਨਕ ਸੁਵਿਧਾਵਾਂ ਨਾਲ ਸੰਬੰਧਿਤ ਸਮੱਸਿਆਵਾਂ ਸਾਹਮਣੇ ਆਈਆਂ। ਮੰਤਰੀ ਭਗਤ ਨੇ ਸਪਸ਼ਟ ਕੀਤਾ ਕਿ ਰਾਜ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਨਤਾ ਦਰਬਾਰ ਲੋਕਾਂ ਅਤੇ ਪ੍ਰਸ਼ਾਸਨ ਵਿਚ ਸਿੱਧਾ ਸੰਵਾਦ ਕਾਇਮ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ, ਜਿਸ ਨਾਲ ਸਮੱਸਿਆਵਾਂ ਦਾ ਤੁਰੰਤ ਹੱਲ ਸੰਭਵ ਹੋ ਜਾਂਦਾ ਹੈ। ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਫੀਲਡ ਵਿੱਚ ਜਾ ਕੇ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਥਾਈ ਹੱਲ ਯਕੀਨੀ ਬਣਾਉਣ।
ਇਸ ਮੌਕੇ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਮੌਕੇ ’ਤੇ ਹੀ ਕਈ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਅਤੇ ਬਾਕੀ ਮਾਮਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਭਗਤ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੀ ਸੇਵਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਜਨਤਾ ਦਰਬਾਰ ਨਿਯਮਿਤ ਤੌਰ ’ਤੇ ਲਗਾਏ ਜਾਣਗੇ।

73 Views