ਜਲੰਧਰ ਵੈਸਟ ਵਿੱਚ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ: ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ, ਜਲਦੀ ਪੂਰਾ ਕਰਨ ਦੇ ਦਿੱਤੇ ਸਖ਼ਤ ਹੁਕਮ

ਜਲੰਧਰ ਵੈਸਟ ਵਿੱਚ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ: ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ, ਜਲਦੀ ਪੂਰਾ ਕਰਨ ਦੇ ਦਿੱਤੇ ਸਖ਼ਤ ਹੁਕਮ

 

ਜਲੰਧਰ ( ਵਰਿੰਦਰ ਸਿੰਘ ) ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਐਸਈ ਰਜਨੀਸ਼ ਕੁਮਾਰ, ਐਸਡੀਓ ਹਰਪ੍ਰੀਤ ਸਿੰਘ ਅਤੇ ਜੇਈ ਗਿਤੇਸ਼ ਨਾਲ ਜਲੰਧਰ ਵੈਸਟ ਇਲਾਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਮੁਆਇਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸੰਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਮੰਤਰੀ ਭਗਤ ਨੇ ਖਾਸ ਤੌਰ ‘ਤੇ ਭਾਰਗਵ ਕੈਂਪ ਵਿੱਚ ਬਣ ਰਹੇ ਮੁਹੱਲਾ ਕਲੀਨਿਕ ਅਤੇ ਬੁੱਢਾ ਮਲ ਗਰਾਊਂਡ ਦਾ ਦੌਰਾ ਕੀਤਾ। ਉਨ੍ਹਾਂ ਨੇ ਇੱਥੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਗਤੀ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਸ ਪ੍ਰੋਜੈਕਟ ਨੂੰ ਤਰਜੀਹ ਦੇ ਅਧਾਰ ‘ਤੇ ਜਲਦੀ ਪੂਰਾ ਕੀਤਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਨੇ 120 ਫੁੱਟੀ ਰੋਡ ‘ਤੇ ਬਣ ਰਹੇ ਸਤਿਗੁਰੂ ਕਬੀਰ ਭਵਨ ਦਾ ਵੀ ਮੁਆਇਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਭਵਨ ਇਲਾਕੇ ਦੀਆਂ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਲਈ ਮਹੱਤਵਪੂਰਨ ਕੇਂਦਰ ਸਾਬਤ ਹੋਵੇਗਾ, ਇਸ ਲਈ ਇਸ ਦੇ ਨਿਰਮਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੰਤਰੀ ਨੇ ਇਲਾਕੇ ਦੇ ਵੱਖ-ਵੱਖ ਪਾਰਕਾਂ ਵਿੱਚ ਚੱਲ ਰਹੇ ਸੁੰਦਰਤਾ ਕਰਣ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਪਾਰਕਾਂ ਨੂੰ ਸਾਫ-ਸੁਥਰਾ, ਹਰਿਆਭਰਾ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇ ਤਾਂ ਜੋ ਸਥਾਨਕ ਲੋਕਾਂ ਨੂੰ ਵਧੀਆ ਵਾਤਾਵਰਣ ਮਿਲ ਸਕੇ।

ਮੁਆਇਨੇ ਦੌਰਾਨ ਮੋਹਿੰਦਰ ਭਗਤ ਨੇ ਸਪਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਪੂਰੇ ਕਰਨ ਦੇ ਸਖ਼ਤ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਸਮੂਹਿਕ ਵਿਕਾਸ ਲਈ ਵਚਨਬੱਧ ਹੈ ਅਤੇ ਜਲੰਧਰ ਵੈਸਟ ਨੂੰ ਇੱਕ ਮਾਡਲ ਇਲਾਕਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

50 Views