ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਸ਼ੁਭਾਰੰਭ
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਸ਼ੁਭਾਰੰਭ
ਜਲੰਧਰ ( ਵਰਿੰਦਰ ਸਿੰਘ ) ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜਲੰਧਰ ਵੈਸਟ ਖੇਤਰ ਵਿੱਚ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਨਵੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਵਿਧੀਵਤ ਸ਼ੁਭਾਰੰਭ ਕੀਤਾ ਗਿਆ।
ਇਸ ਵਿਕਾਸ ਪ੍ਰੋਜੈਕਟ ਅਧੀਨ ਵਾਰਡ ਨੰਬਰ 55 ਵਿੱਚ ਮੇਨ ਬਾਜ਼ਾਰ ਬਸਤੀ ਗੁਜ਼ਾਂ ਖੇਤਰ ਵਿੱਚ ਕਰੀਬ 9 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਨਿਰਮਾਣ ਕਰਵਾਇਆ ਜਾਵੇਗਾ, ਜਦਕਿ ਵਾਰਡ ਨੰਬਰ 59 ਦੇ ਓਲਡ ਗ੍ਰੀਨ ਐਵੇਨਿਊ ਖੇਤਰ ਵਿੱਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਾਈਆਂ ਜਾਣਗੀਆਂ। ਇਲਾਕਾ ਵਾਸੀਆਂ ਵੱਲੋਂ ਕਾਫੀ ਸਮੇਂ ਤੋਂ ਇਨ੍ਹਾਂ ਗਲੀਆਂ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਸੜਕਾਂ, ਗਲੀਆਂ, ਸੀਵਰੇਜ, ਸਟ੍ਰੀਟ ਲਾਈਟਾਂ ਅਤੇ ਹੋਰ ਮੁੱਢਲੀਆਂ ਸੁਵਿਧਾਵਾਂ ਨੂੰ ਤਰਜੀਹ ਦੇ ਆਧਾਰ ‘ਤੇ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਜਲੰਧਰ ਵੈਸਟ ਖੇਤਰ ਦੇ ਵਿਕਾਸ ਲਈ ਲਗਾਤਾਰ ਨਵੀਆਂ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਮੰਤਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਦਾ ਖ਼ਾਸ ਧਿਆਨ ਰੱਖਿਆ ਜਾਵੇ ਅਤੇ ਤੈਅ ਸਮੇਂ ਅੰਦਰ ਕੰਮ ਮੁਕੰਮਲ ਕੀਤਾ ਜਾਵੇ।
ਇਸ ਦੌਰਾਨ ਇਲਾਕਾ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ ਗਿਆ। ਲੋਕਾਂ ਦਾ ਕਹਿਣਾ ਸੀ ਕਿ ਗਲੀਆਂ ਦੀ ਹਾਲਤ ਕਾਫੀ ਖਰਾਬ ਹੋ ਚੁੱਕੀ ਸੀ, ਜਿਸ ਕਾਰਨ ਬਰਸਾਤ ਦੇ ਦਿਨਾਂ ਵਿੱਚ ਆਉਣ-ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਬਲਾਕ ਪ੍ਰਧਾਨ ਵਰੁਣ ਸੱਜਣ, ਭਾਰਤ ਭੂਸ਼ਣ ਕਾਕਾ, ਅਮਿਤ ਸਭਰਵਾਲ, ਨੀਰਜ, ਕੁਲਵੰਤ ਸਿੰਘ, ਕਮਲਜੀਤ ਸਿੰਘ, ਵਿਕਾਸ ਕੁਮਾਰ, ਐਸਡੀਓ ਹਰਪ੍ਰੀਤ ਸਿੰਘ ਅਤੇ ਜੇਈ ਦਵਿੰਦਰ ਕੁਮਾਰ ਸਮੇਤ ਹੋਰ ਗਣਮਾਨਯ ਵਿਅਕਤੀ ਮੌਜੂਦ ਸਨ।.

