ਕਬੱਡੀ ਲੜਕੇ ਤੇ ਲੜਕੀਆਂ ਦੇ ਫਾਈਨਲ ਮੁਕਾਬਲਿਆਂ ‘ਚ ਮੀਰੀ ਪੀਰੀ ਕਲੱਬ ਜੰਡਾਵਾਲਾ ਨੇ ਮਾਰੀ ਬਾਜ਼ੀ*
*ਬਠਿੰਡਾ: ਕਬੱਡੀ ਲੜਕੇ ਤੇ ਲੜਕੀਆਂ ਦੇ ਫਾਈਨਲ ਮੁਕਾਬਲਿਆਂ ‘ਚ ਮੀਰੀ ਪੀਰੀ ਕਲੱਬ ਜੰਡਾਵਾਲਾ ਨੇ ਮਾਰੀ ਬਾਜ਼ੀ*
( *ਜਸਵੀਰ ਸਿੱਧੂ* )
ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਅੱਜ ਖੇਡਾਂ ਕਰਵਾਈਆਂ ਗਈਆਂ। ਇਸ ਮੁਹਿੰਮ ਤਹਿਤ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕਬੱਡੀ (ਸਰਕਲ ਸਟਾਇਲ) ਅਤੇ ਕੁਸ਼ਤੀ ਦੇ ਗਹਿਗੱਚ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਏ.ਡੀ.ਜੀ.ਪੀ ਬਠਿੰਡਾ ਰੇਂਜ ਐਸ.ਪੀ.ਐਸ. ਪਰਮਾਰ ਤੇ ਵਿਸ਼ੇਸ਼ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਤੇ ਜ਼ਿਲ੍ਹਾ ਯੋਜ਼ਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਲਾਲ ਅਗਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਸਮੂਹ ਹਾਜ਼ਰੀਨ ਵੱਲੋਂ ਨਸ਼ਿਆਂ ਖਿਲਾਫ਼ ਸਹੁੰ ਵੀ ਚੁੱਕੀ ਗਈ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਏ.ਡੀ.ਜੀ.ਪੀ ਬਠਿੰਡਾ ਰੇਂਜ ਸ਼੍ਰੀ ਐਸ.ਪੀ.ਐਸ. ਪਰਮਾਰ ਨੇ ਸੰਬੋਧਨ ਕਰਦਿਆਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਸੱਦਾ ਦਿੱਤਾ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਦੀ ਨਸ਼ਿਆਂ ਖਿਲਾਫ਼ ਵਿੱਢੀ ਗਈ ‘ਨਸ਼ਾ ਮੁਕਤ ਪੰਜਾਬ’ ਜਾਗਰੂਕਤਾ ਮੁਹਿੰਮ ਵਿੱਚ ਵੀ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਾਥ ਦੇਣ।
ਇਸ ਤੋਂ ਪਹਿਲਾਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਧਿਆਪਕਾਂ, ਮਾਪਿਆਂ ਅਤੇ ਸਾਨੂੰ ਸਾਰਿਆਂ ਨੂੰ ਰਲ ਕੇ ਆਪਣਾ ਰਸਤਾ ਭਟਕ ਚੁੱਕੇ ਨੌਜਵਾਨਾਂ ਨੂੰ ਮੋਟੀਵੇਟ ਕਰਕੇ ਉਨ੍ਹਾਂ ਨੂੰ ਸਹੀ ਸੇਧ ਵੱਲ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਤੇ ਨਿਗਰਾਨੀ ਰੱਖਦਿਆਂ ਉਨ੍ਹਾਂ ਦੇ ਵਿਵਹਾਰ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮਾਪਿਆਂ ਦੁਆਰਾ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਵੱਧ ਤੋਂ ਵੱਧ ਪ੍ਰੇਰਿਤ ਕਰਨਾ ਚਾਹੀਦਾ ਹੈ।

